ਫਿਲਮ ‘ਐਮਰਜੈਂਸੀ’ ਦੀ ਰੋਕ ਸਬੰਧੀ ਡੀ ਸੀ ਤਰਨ ਤਾਰਨ ਨੂੰ ਦਿੱਤਾ ਮੰਗ ਪੱਤਰ
ਐੱਸਜੀਪੀਸੀ ਮੈਂਬਰ ਕਰਮੂਵਾਲਾ,ਪੱਖੋਕੇ ਅਤੇ ਮੈਨੇਜਰ ਗੁਰਾ ਸਿੰਘ ਮਾਨ ਵੱਲੋਂ ਸੌਂਪਿਆ ਗਿਆ ਮੰਗ ਪੱਤਰ

ਸ੍ਰੀ ਗੋਇੰਦਵਾਲ ਸਾਹਿਬ 16 ਜਨਵਰੀ ( ਰਣਜੀਤ ਸਿੰਘ ਦਿਉਲ )
ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਜਿੱਥੇ ਪੰਜਾਬ ਭਰ ਚ ਵਿਰੋਧ ਸ਼ੁਰੂ ਹੋ ਗਿਆ ਹੈ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਵੀ ਸੂਬੇ ‘ਚ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਜਿਸ ਸਬੰਧੀ ਅੱਜ ਐਸਜੀਪੀਸੀ ਮੈਂਬਰ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਗੁਰਬਚਨ ਸਿੰਘ ਕਰਮੂਵਾਲਾ ਅਤੇ ਮੈਨੇਜਰ ਗੁਰਦੁਆਰਾ ਬਾਉਲੀ ਸਾਹਿਬ ਸ੍ਰ ਗੁਰਾ ਸਿੰਘ ਮਾਨ ਵਲੋਂ ਡੀ.ਸੀ. ਤਰਨਤਾਰਨ ਸ਼੍ਰੀ ਰਾਹੁਲ ਨੂੰ ਮੰਗ ਪੱਤਰ ਸੌਂਪਿਆ ਗਿਆ ਜਿਸ ਵਿੱਚ ਕੰਗਨਾ ਰਨੌਤ ਦੀ ਫਿਲਮ ਐਮਰਜਂਸੀ ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ । ਪੱਤਰ ਵਿੱਚ SGPC ਨੇ ਫਿਲਮ ‘ਤੇ ਸਿੱਖਾਂ ਦੇ ਅਕਸ ਨੂੰ ਢਾਹ ਲਾਉਣ ਅਤੇ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੇ ਦੋਸ਼ ਲਗਾਏ ਗਏ ਹਨ। ਜ਼ਿਕਰਯੋਗ ਹੈ ਕਿ ‘ਐਮਰਜੈਂਸੀ’ ਨੂੰ ਸੈਂਸਰ ਬੋਰਡ ਤੋਂ ਹਰੀ ਝੰਡੀ ਮਿਲ ਗਈ ਹੈ ਅਤੇ ਇਹ ਫਿਲਮ 17 ਜਨਵਰੀ 2025 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਫਿਲਮ ਰਿਲੀਜ਼ ਹੁੰਦੀ ਹੈ ਤਾਂ ਇਸ ਨਾਲ ਸਿੱਖ ਭਾਈਚਾਰੇ ਵਿੱਚ ਗੁੱਸਾ ਅਤੇ ਰੋਸ ਪੈਦਾ ਹੋਵੇਗਾ। ਇਸ ਲਈ ਪ੍ਰਸ਼ਾਸ਼ਨ ਅਤੇ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੂਬੇ ਵਿਚ ਇਸ ਫਿਲਮ ‘ਤੇ ਪਾਬੰਦੀ ਲਗਾਵੇ। ਜੇਕਰ ਇਹ ਫ਼ਿਲਮ ਰਿਲੀਜ਼ ਹੋਈ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦਾ ਸਖ਼ਤ ਵਿਰੋਧ ਕਰੇਗੀ।ਕਮੇਟੀ ਨੇ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ‘ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ ਅਤੇ 17 ਜਨਵਰੀ 2025 ਨੂੰ ਪੰਜਾਬ ‘ਚ ਇਸ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।ਕਿਉਂਕਿ ਇਹ ਸਿੱਖਾਂ ਦੇ ਅਕਸ ਨੂੰ ਖਰਾਬ ਕਰਦਾ ਹੈ ਅਤੇ ਇਤਿਹਾਸ ਨੂੰ ਗਲਤ ਢੰਗ ਨਾਲ ਪੇਸ਼ ਕਰਦਾ ਹੈ। ਪੱਤਰ ਵਿੱਚ ਲਿਖਿਆ ਹੈ ਕਿ ਫਿਲਮ ਅੰਦਰ 1984 ਵਿੱਚ ਸਿੱਖਾਂ ਦੇ ਪਾਵਨ ਪਵਿੱਤਰ ਸਥਾਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਕਈ ਹੋਰ ਅਸਥਾਨਾਂ ਉੱਤੇ ਕੀਤੇ ਗਏ ਮਾਰੂ ਹਮਲੇ ਦੇ ਨਾਲ ਨਾਲ ਸਿੱਖ ਕਤਲੇ ਆਮ ਅਤੇ ਨਸ਼ਲ ਕੁਸੀ ਨੂੰ ਦਬਾ ਕੇ ਸਿੱਖ ਵਿਰੋਧੀ ਏਜੰਡੇ ਤਹਿਤ ਕੌਮ ਵਿਰੁੱਧ ਜਹਿਰ ਉਗਲਣ ਦੀ ਭਾਵਨਾ ਨਾਲ ਕੰਮ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਿਲਮ ਵਿੱਚ ਸਿੱਖਾਂ ਦੇ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਦੀ ਵੀ ਕਿਰਦਾਰ ਕੁਸ਼ੀ ਕੀਤੀ ਗਈ ਹੈ।। ਪੱਤਰ ਵਿੱਚ ਲਿਖਿਆ ਹੈ ਫਿਲਮ ਐਮਰਜੈਂਸੀ ਜੋ 17 ਜਨਵਰੀ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ ਅਤੇ ਇਸ ਦੀ ਟਿਕਟ ਬੁਕਿੰਗ ਵੀ ਸ਼ੁਰੂ ਹੋ ਗਈ ਹੈ ਜਿਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 14 ਨਵੰਬਰ 2024 ਨੂੰ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਪੱਤਰ ਭੇਜ ਕੇ ਰੋਸ ਪ੍ਰਗਟ ਕੀਤਾ ਸੀ ਜਿਸ ਤੇ ਪਹਿਲਾਂ ਹੀ ਇਤਰਾਜ਼ ਦਰਜ ਕੀਤਾ ਜਾ ਚੁੱਕਾ ਹੈ। ਆਪ ਕਿਉਂਕਿ ਜਿਲੇ ਦੇ ਪ੍ਰਸ਼ਾਸਨਿਕ ਮੁਖੀ ਹੋ, ਇਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਪੱਤਰ ਰਾਹੀਂ ਪੁਰਜ਼ੋਰ ਮੰਗ ਕਰਦੀ ਹੈ ਕਿ ਕੰਗਨਾ ਰਨੌਤ ਦੀ ਐਮਰਜੰਸੀ ਫਿਲਮ ਦੀ ਰਿਲੀਜ਼ ਉੱਪਰ ਤੁਰੰਤ ਰੋਕ ਲਾਈ ਜਾਵੇ ਅਤੇ ਜੇਕਰ ਇਹ ਫਿਲਮ ਰਿਲੀਜ਼ ਹੁੰਦੀ ਹੈ ਤਾਂ ਇਸ ਦਾ ਸਖਤ ਵਿਰੋਧ ਕਰਨ ਲਈ ਮਜਬੂਰ ਹੋਵਾਂਗੇ ।