ਤਰਨਤਾਰਨ ਪੁਲਿਸ ਨੇ ਸੱਤਾ ਨੌਸ਼ਹਿਰਾ ਗੈਂਗ ਦੇ ਤਿੰਨ ਮੈਂਬਰਾਂ ਨੂੰ ਗੋਲੀਬਾਰੀ ਤੋੰ ਬਾਅਦ ਕੀਤਾ ਗ੍ਰਿਫਤਾਰ ,ਦੋ ਪਿਸਤੌਲ ਬਰਾਮਦ
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਪਹਿਲਾਂ ਹੀ ਕਤਲ ਕੇਸ ਵਿੱਚ ਸੀ ਲੋੜੀਂਦਾ : ਐੱਸ ਐੱਸ ਪੀ ਅਭਿਮੰਨਿਊ ਰਾਣਾ

ਤਰਨਤਾਰਨ, 01 ਮਾਰਚ ( ਰਣਜੀਤ ਸਿੰਘ ਦਿਉਲ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਨੂੰ ਟਾਲਦਿਆਂ ਨੌਸ਼ਹਿਰਾ ਪੰਨੂਆਂ, ਤਰਨਤਾਰਨ ਵਿਖੇ ਹੋਈ ਗੋਲੀਬਾਰੀ ਦੌਰਾਨ ਭਗੌੜੇ ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ ਗੈਂਗ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਫੜੇ ਗਏ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ ਗੱਬਰ, ਰੋਬਿਨਪ੍ਰੀਤ ਸਿੰਘ ਅਤੇ ਕਰਨਦੀਪ ਸਿੰਘ ਸਾਰੇ ਵਾਸੀ ਪਿੰਡ ਚੌਧਰੀਵਾਲਾ, ਤਰਨਤਾਰਨ ਵਜੋਂ ਹੋਈ ਹੈ,ਪੁਲੀਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 32 ਬੋਰ ਦੇ ਦੋ ਪਿਸਤੌਲਾਂ ਸਮੇਤ ਜਿੰਦਾ ਕਾਰਤੂਸ ਅਤੇ ਗੋਲੀਆਂ ਦੇ ਖਾਲੀ ਖੋਲ ਵੀ ਬਰਾਮਦ ਕੀਤੇ ਹਨ, ਐੱਸਐੱਸਪੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਨੌਸ਼ਹਿਰਾ ਪੰਨੂਆਂ ਦੇ ਇਲਾਕੇ ਵਿੱਚ ਘੁੰਮ ਰਹੇ ਮੋਟਰਸਾਈਕਲ ਸਵਾਰ ਸ਼ੱਕੀ ਵਿਅਕਤੀਆਂ ਦੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਐੱਸ ਪੀ ਅਜੈਰਾਜ ਸਿੰਘ, ਡੀਐੱਸਪੀ ਰਜਿੰਦਰ ਮਨਹਾਸ ਅਤੇ ਡੀਐੱਸਪੀ ਕਵਲਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਨੌਸ਼ਹਿਰਾ ਪੰਨੂਆਂ ਵਿਖੇ ਗੋਲੀਬਾਰੀ ਦੌਰਾਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਐੱਸਐੱਸਪੀ ਨੇ ਦੱਸਿਆ ਕਿ ਜਵਾਬੀ ਗੋਲੀਬਾਰੀ ਵਿੱਚ ਮੁਲਜ਼ਮ ਅਰਸ਼ਦੀਪ ਸਿੰਘ ਉਰਫ ਗੱਬਰ ਅਤੇ ਰੋਬਿਨਪ੍ਰੀਤ ਸਿੰਘ ਨੂੰ ਗੋਲੀਆਂ ਲੱਗੀਆਂ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਅਰਸ਼ਦੀਪ ਅਤੇ ਰੋਬਿਨਪ੍ਰੀਤ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਕਰਨਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਤਰਨਤਾਰਨ ਦੇ ਐੱਸਐੱਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਮੁਲਜ਼ਮ ਅਰਸ਼ਦੀਪ ਸਿੰਘ ਇੱਕ ਕਤਲ ਕੇਸ ਵਿੱਚ ਲੋੜੀਂਦਾ ਸੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ,ਉਹਨਾਂ ਦੱਸਿਆ ਕਿ ਇਸ ਸਬੰਧੀ ਵੱਖ ਵੱਖ ਧਰਾਵਾਂ ਤਹਿਤ ਉਕਤ ਦੋਸ਼ੀਆਂ ਖਿਲਾਫ ਥਾਣਾ ਸਰਹਾਲੀ ਵਿਖੇ ਕੇਸ ਦਰਜ਼ ਕਰ ਅਗਲੀ ਕਾਰਵਾਈ ਅਮਲ ਚ ਲਿਆਂਦੀ ਜਾ ਰਹੀ ਹੈ