ਤਰਨ ਤਾਰਨਪੰਜਾਬ

ਤਰਨ ਤਾਰਨ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਿਤ 15 ਕਿਲੋ ਹੈਰੋਇਨ ਕੀਤੀ ਬਰਾਮਦ ਇੱਕ ਵਿਅਕਤੀ ਕਾਬੂ

ਗ੍ਰਿਫਤਾਰ ਦੋਸ਼ੀ ਡਰੋਨਾਂ ਰਾਹੀਂ ਭੇਜੀ ਨਸ਼ੀਲੇ ਪਦਾਰਥਾਂ ਦੀ ਖੇਪ ਕਰ ਰਿਹਾ ਸੀ ਪ੍ਰਾਪਤ, ਹਵਾਲਾ ਚੈਨਲਾਂ ਰਾਹੀਂ ਭੇਜ ਰਿਹਾ ਸੀ ਪੈਸੇ:ਐੱਸਐੱਸਪੀ ਅਭਿਮਨਿਊ ਰਾਣਾ

ਤਰਨਤਾਰਨ 31 ਮਾਰਚ ( ਰਣਜੀਤ ਸਿੰਘ ਦਿਉਲ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਿਤ ਡਰੱਗ ਸਿੰਡੀਕੇਟ ਨਾਲ ਸਬੰਧਿਤ ਨਸ਼ਾ ਤਸਕਰ ਨੂੰ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ,ਪੁਲਿਸ ਵਲੋੰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਾਸੀ ਰੋੜਾਂਵਾਲਾ ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਟੀਮਾਂ ਵੱਲੋਂ ਮੁਲਜ਼ਮ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਚਿੱਟੇ ਰੰਗ ਦੀ ਐਕਟਿਵਾ ਸਕੂਟਰ ਵੀ ਜ਼ਬਤ ਕੀਤੀ ਗਈ ਹੈ,ਦੱਸ ਦੇਈਏ ਕਿ ਇਹ ਸਫਲਤਾ ਤਰਨਤਾਰਨ ਪੁਲਿਸ ਵੱਲੋਂ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਇੱਕ ਦਿਨ ਬਾਅਦ ਪ੍ਰਾਪਤ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਖੇਪ ਅਮਰੀਕਾ ਅਧਾਰਿਤ ਤਸਕਰ ਗੁਰਨਾਮ ਕਾਲੋਵਾਲ ਜੋ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਪਹਿਲਵਾਨ ਨਾਲ ਜੁੜਿਆ ਹੋਇਆ ਹੈ, ਜੋ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਿਤ ਹੈ। ਉਹਨਾਂ ਅੱਗੇ ਦੱਸਿਆ ਕਿ ਉਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ,ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਮੁਲਜ਼ਮ ਹਰਸ਼ਪ੍ਰੀਤ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਕੇ ਇਸ ਨੂੰ ਸਥਾਨਕ ਨਸ਼ਾ ਤਸਕਰਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ ਅਤੇ ਅਮਰੀਕਾ ਅਧਾਰਿਤ ਆਪਣੇ ਹੈਂਡਲਰ ਦੇ ਇਸ਼ਾਰੇ ‘ਤੇ ਨਸ਼ੀਲੇ ਪਦਾਰਥਾਂ ਦੇ ਪੈਸੇ ਹਵਾਲਾ ਚੈਨਲਾਂ ਰਾਹੀਂ ਭੇਜ ਰਿਹਾ ਸੀ,ਡੀਜੀਪੀ ਨੇ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਗੰਭੀਰਤਾ ਨਾਲ ਜਾਂਚ ਜਾਰੀ ਹੈ,ਇਸ ਆਪ੍ਰੇਸ਼ਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਐੱਸਐੱਸਪੀ ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਮੁਲਜ਼ਮ ਹਰਸ਼ਪ੍ਰੀਤ ਦੀਆਂ ਤਸਕਰੀ ਸਬੰਧੀ ਗਤੀਵਿਧੀਆਂ ਬਾਰੇ ਮਿਲੀ ਭਰੋਸੇਮੰਦ ਸੂਹ ‘ਤੇ ਕਾਰਵਾਈ ਕਰਦਿਆਂ, ਐੱਸਪੀ ਇਨਵੈਸਟੀਗੇਸ਼ਨ ਅਜੈ ਰਾਜ, ਡੀਐੱਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਅਤੇ ਡੀਐਸਪੀ ਸਪੈਸ਼ਲ ਕ੍ਰਾਈਮ ਗੁਰਿੰਦਰ ਪਾਲ ਨਾਗਰਾ ਦੀ ਅਗਵਾਈ ਵਿੱਚ ਸੀਆਈਏ ਦੀਆਂ ਟੀਮਾਂ ਨੇ ਖੂਫੀਆ ਆਪਰੇਸ਼ਨ ਚਲਾਇਆ ਅਤੇ ਰੱਖ ਸਰਾਏ ਅਮਾਨਤ ਖਾਂ ਖੇਤਰ ਤੋਂ ਮੁਲਜ਼ਮ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ ਜਦੋਂ ਉਹ ਆਪਣੀ ਐਕਟਿਵਾ ਸਕੂਟਰ ‘ਤੇ ਕਿਸੇ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ,ਐੱਸਐੱਸਪੀ ਨੇ ਦੱਸਿਆ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਪ੍ਰਾਪਤ ਹੋਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ,ਉਹਨਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਤਰਨਤਾਰਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਕੇਸ ਦਰਜ਼ ਕਰ ਅਗਲੀ ਕਾਰਵਾਈ ਅਮਲ ਚ ਲਿਆਂਦੀ ਜਾ ਰਹੀ ਹੈ

Related Articles

Back to top button