ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਚ ਪੰਜਾਬ ਸਰਕਾਰ ਨੇ DSP ਅਤੇ SHO ਕੀਤੇ ਸਸਪੈਂਡ

ਅੰਮ੍ਰਿਤਸਰ 13 ਮਈ ( ਬਿਉਰੋ ) ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਅੰਦਰ ਆਉਂਦੇ ਮਜੀਠਾ ਹਲਕੇ ਵਿੱਚ ਹੋਏ ਜ਼ਹਿਰੀਲੀ ਸ਼ਰਾਬ ਕਾਂਡ ਮਾਮਲੇ ‘ਚ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲੈਂਦਿਆਂ ਮਜੀਠਾ ਦੇ DSP ਅਮੋਲਕ ਸਿੰਘ ਤੇ SHO ਅਵਤਾਰ ਸਿੰਘ ਨੂੰ ਸਸਪੈਂਡ ਕੀਤਾ ਗਿਆ ਹੈ। ਅਪਰਾਧੀਆਂ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਜ਼ਹਿਰੀਲੀ ਸ਼ਰਾਬ ਵੇਚਣ ਦੇ ਦੋਸ਼ ਵਿੱਚ 9 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਜ਼ਹਿਰੀਲੀ ਸ਼ਰਾਬ ਕਿੱਥੋਂ ਅਤੇ ਕਿਵੇਂ ਆਈ? ਇਹ ਪੰਜਾਬ ਵਿੱਚ 3 ਸਾਲਾਂ ਵਿੱਚ ਚੌਥਾ ਅਜਿਹਾ ਮਾਮਲਾ ਹੈ,ਇਸ ਸਬੰਧੀ ਪੰਜਾਬ ਦੇ DGP ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਦੇ ਮਜੀਠਾ ਵਿਚ ਵਾਪਰੀ ਇਕ ਮੰਦਭਾਗੀ ਘਟਨਾ ਵਿਚ ਨਕਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਦੁਖਦਾਈ ਨੁਕਸਾਨ ਤੋਂ ਬਾਅਦ ਪੰਜਾਬ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਹੈ, ਇਸ ਨਕਲੀ ਸ਼ਰਾਬ ਰੈਕੇਟ ਦੇ ਕਿੰਗਪਿਨ ਅਤੇ ਕਈ ਸਥਾਨਕ ਸ਼ਰਾਬ ਵੇਚਣ ਵਾਲਿਆਂ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਕਲੀ ਸ਼ਰਾਬ ਬਣਾਉਣ ਲਈ ਆਨਲਾਈਨ ਖਰੀਦੇ ਜਾਣ ਤੋਂ ਬਾਅਦ ਈਥਾਨੋਲ ਦੀ ਵਰਤੋਂ ਕੀਤੀ ਗਈ ਤੇ ਪੂਰੀ ਵਿਧੀ ਦਾ ਪਰਦਾਫਾਸ਼ ਕਰਨ ਅਤੇ ਸ਼ਾਮਿਲ ਸਾਰਿਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਉਣ ਲਈ ਜਾਂਚ ਜਾਰੀ ਹੈ,ਦੱਸ ਦੇਈਏ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 18 ਲੋਕਾਂ ਦੀ ਮੌਤ ਹੋ ਗਈ ਹੈ ,ਜਦਕਿ ਕਈ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਸਾਰੇ ਲੋਕ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਹਨ। ਪ੍ਰਸ਼ਾਸਨ ਨੂੰ ਡਰ ਹੈ ਕਿ ਮੌਤਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਮ੍ਰਿਤਕਾਂ ਵਿੱਚ ਤਿੰਨ ਪਿੰਡਾਂ ਭੰਗਾਲੀ ਕਲਾਂ, ਮਰਾੜੀ ਕਲਾਂ ਅਤੇ ਜਯੰਤੀਪੁਰ ਦੇ ਲੋਕ ਸ਼ਾਮਲ ਸਨ।