ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕ ਚੋਣ ਸਮੱਗਰੀ ਦੀ ਛਪਾਈ ਮੌਕੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ -ਜ਼ਿਲ੍ਹਾ ਚੋਣ ਅਫ਼ਸਰ
ਉਲੰਘਣਾ ਕਰਨ ਵਾਲੇ ਛਾਪਕਾਂ ਨੂੰ 6 ਮਹੀਨੇ ਦੀ ਕੈਦ ਤੇ ਹੋ ਸਕਦਾ ਜੁਰਮਾਨਾ

ਤਰਨ ਤਾਰਨ, 07 ਅਕਤੂਬਰ ( ਬਿਉਰੋ ) ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐੱਸਐੱਸਪੀ ਤਰਨ ਤਾਰਨ ਸ੍ਰੀਮਤੀ ਰਵਜੋਤ ਕੌਰ ਗਰੇਵਾਲ, ਐੱਸ.ਡੀ.ਐੱਮ.-ਕਮ-ਈ.ਆਰ.ਓ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ (ਜਨਲਰ) ਕਰਨਵੀਰ ਸਿੰਘ, ਤਹਿਸੀਲਦਾਰ ਚੋਣਾਂ ਅਰਮਿੰਦਰਪਾਲ ਸਿੰਘ, ਡਾ. ਅਮਨਦੀਪ ਸਿੰਘ ਨੋਡਲ ਅਫ਼ਸਰ ਐਕਸਪੈਂਡੀਚਰ ਸੈੱਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ,ਇਸ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਨੂੰ ਦੇਣੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ੍ਰੈੱਸ, ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉਪਰ ਆਪਣੀ ਪ੍ਰੈਸ ਦਾ ਨਾਮ, ਪਤਾ, ਗਿਣਤੀ ਛਾਪਣਾ ਵੀ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਵੱਲੋਂ ਜਾਤ-ਪਾਤ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਮਟੀਰੀਅਲ ਨਹੀਂ ਛਾਪਿਆ ਜਾਵੇਗਾ। ਉਨ੍ਹਾਂ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਕਿਹਾ ਕਿ ਜਿਹੜੀ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ ਉਸ ਨੂੰ ਸੈਕਸ਼ਨ 127 (ਏ) ਤਹਿਤ ਛੇ ਮਹੀਨੇ ਤੱਕ ਦੀ ਕੈਦ ਜਾਂ ਜੁਰਮਾਨਾ ਜਾਂ ਫਿਰ ਦੋਵੇ ਹੀ ਹੋ ਸਕਦੀਆਂ ਹਨ