ਤਰਨ ਤਾਰਨ

ਸਤਲੁਜ’ ਫ਼ਿਲਮ ‘ਤੇ ਲੱਗੀ ਰੋਕ ਹਟਾਉਣ ਦੀ ਮੰਗ, ਅਕਾਲੀ ਆਗੂਆਂ ਨੇ ਏਡੀਸੀ ਤਰਨ ਤਾਰਨ ਰਾਹੀਂ ਰਾਜਪਾਲ ਨੂੰ ਭੇਜਿਆ ਮੰਗ ਪੱਤਰ

ਸਤਲੁਜ' ਨੂੰ ਬਿਨਾਂ ਕਿਸੇ ਕੱਟ ਦੇ ਰਿਲੀਜ਼ ਕਰਨ ਦੀ ਅਪੀਲ ਕਿਹਾ ਦੇਸ਼ ਦੇ ਲੋਕਾਂ ਤੱਕ ਸੱਚਾਈ ਪਹੁੰਚਣੀ ਚਾਹੀਦੀ: ਬੀਬਾ ਰਮਨਦੀਪ ਕੌਰ

ਸ੍ਰੀ ਗੋਇੰਦਵਾਲ ਸਾਹਿਬ 10 ਜੁਲਾਈ ( ਰਣਜੀਤ ਸਿੰਘ ਦਿਉਲ )
ਮਨੁੱਖੀ ਅਧਿਕਾਰਾਂ ਦੇ ਮਹਾਨ ਯੋਧੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਜੀ ਫਾਈਵ ਓਟੀਟੀ ਪਲੇਟਫਾਰਮ ਤੋਂ ਭਾਰਤ ਵਿੱਚ ਰੋਕ ਲਗਾਏ ਜਾਣ ਦੇ ਮਾਮਲੇ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਜਿਸ ਉੱਤੇ ਵੱਖ-ਵੱਖ ਸਿਆਸੀ ਧਿਰਾਂ ਦੀ ਆਪੋ ਆਪਣੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ,ਇਸੇ ਲੜੀ ਤਹਿਤ ਪੰਥਕ ਹਲਕਾ ਮੰਨੇ ਜਾਂਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਉਹਨਾਂ ਦੇ ਪਤੀ ਯੂਥ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸ਼ੇਰੋ ਦੀ ਅਗਵਾਈ ਹੇਠ ਸਮੁੱਚੀ ਅਕਾਲੀ ਦਲ ਦੀ ਟੀਮ ਨੇ ਤਰਨ ਤਾਰਨ ਦੇ ਏਡੀਸੀ ਰਾਹੀਂ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਦੇ ਨਾਮ ਇੱਕ ਮੰਗ ਪੱਤਰ ਸੌਂਪ ਕੇ ਫ਼ਿਲਮ ‘ਤੇ ਲੱਗੀ ਪਾਬੰਦੀ ਤੁਰੰਤ ਹਟਾਉਣ ਦੀ ਮੰਗ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬਾ ਰਮਨਦੀਪ ਕੌਰ ਸੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋ ਨੇ ਕਿਹਾ ਕਿ ‘ਸਤਲੁਜ’ ਕੋਈ ਕਾਲਪਨਿਕ ਜਾਂ ਮਨਘੜਤ ਕਹਾਣੀ ਨਹੀਂ, ਸਗੋਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ ਅਤੇ ਪੰਜਾਬ ਦੇ ਉਸ ਦੌਰ ਦੀਆਂ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ਫ਼ਿਲਮ ਹੈ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਨੂੰ ਭਾਰਤ ਵਿੱਚੋਂ ਹਟਾਉਣਾ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਹੈ, ਜਿਸ ਨਾਲ ਸਿੱਖ ਪੰਥ ਅਤੇ ਇਨਸਾਫ਼ ਪਸੰਦ ਲੋਕਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।
ਉਨ੍ਹਾਂ ਕਿਹਾ ਕਿ ਇਸ ਫ਼ਿਲਮ ਨੂੰ ਬਿਨਾਂ ਕਿਸੇ ਕੱਟ ਦੇ ਪੂਰੇ ਭਾਰਤ ਵਿੱਚ ਰਿਲੀਜ਼ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਦੇਸ਼ ਦਾ ਹਰ ਨਾਗਰਿਕ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ ਸੰਘਰਸ਼ ਅਤੇ ਉਸ ਸਮੇਂ ਪੰਜਾਬ ਵਿੱਚ ਵਾਪਰੀਆਂ ਘਟਨਾਵਾਂ ਦੀ ਸੱਚਾਈ ਨੂੰ ਜਾਣ ਸਕੇ,ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਭਰ ਦੇ ਪਿੰਡਾਂ ਵਿੱਚ ਇਸ ਫ਼ਿਲਮ ਦੀ ਸਕ੍ਰੀਨਿੰਗ ਕਰਵਾ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਜਿਨ੍ਹਾਂ ਪਿੰਡਾਂ ਤੱਕ ਇਹ ਫ਼ਿਲਮ ਹਾਲੇ ਨਹੀਂ ਪਹੁੰਚੀ, ਉੱਥੇ ਵੀ ਜਲਦ ਪਹੁੰਚਾਈ ਜਾਵੇਗੀ। ਨਾਲ ਹੀ ਉਨ੍ਹਾਂ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਕੋਲ ਇਹ ਮਾਮਲਾ ਉਠਾ ਕੇ ਫ਼ਿਲਮ ‘ਤੇ ਲੱਗੀ ਪਾਬੰਦੀ ਹਟਾਉਣ ਲਈ ਯੋਗ ਕਦਮ ਚੁੱਕੇ ਜਾਣ ਤਾਂ ਜੋ ਪੂਰਾ ਭਾਰਤ ਇਸ ਫ਼ਿਲਮ ਨੂੰ ਦੇਖ ਸਕੇ,ਇਸ ਮੌਕੇ ਐਸਜੀਪੀਸੀ ਮੈਂਬਰ ਗੁਰਬਚਨ ਸਿੰਘ ਕਰਮੂਵਾਲਾ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆਂ, ਜ਼ਿਲ੍ਹਾ ਬੀ.ਸੀ ਪ੍ਰਧਾਨ ਮਨਜਿੰਦਰ ਸਿੰਘ ਲਾਟੀ, ਹਲਕਾ ਐਸ.ਸੀ ਪ੍ਰਧਾਨ ਕਸ਼ਮੀਰ ਸਿੰਘ, ਸਿਕੰਦਰ ਸਿੰਘ ਵਰਾਣਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਿਆਨ ਸਿੰਘ ਸ਼ਾਹਬਾਜ਼ਪੁਰ, ਤੇਜਿੰਦਰ ਸਿੰਘ ਪ੍ਰਿੰਸ, ਰਾਜਾ ਸਰਪੰਚ ਭੈਲ,ਸੁਖਬੀਰ ਸਿੰਘ, ਪਿਆਰਾ ਸਿੰਘ ਦੁਗਲਵਾਲ,ਜਗਦੀਪ ਸਿੰਘ ਮਿੰਟੂ,ਜੰਗਸ਼ੇਰ ਸਿੰਘ ਟੋਨੀ,ਗੁਰ ਸਿੱਧੂ,ਮਹਿਤਾਬ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।

Related Articles

Back to top button