ਤਰਨ ਤਾਰਨ ਪੁਲਿਸ ਵੱਲੋਂ 61 ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਜ਼ਬਤ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ 31 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਸਮੇਤ ਹੋਰ ਨਸ਼ੀਲੇ ਪਦਾਰਥਾਂ ਦਾ ਕੀਤਾ ਗਿਆ ਨਿਪਟਾਰਾ: ਐੱਸਐੱਸਪੀ ਸੁਰੇਂਦਰ ਲਾਂਬਾ

ਤਰਨ ਤਾਰਨ 16 ਜੁਲਾਈ ( ਬਿਉਰੋ ) ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਤਸਕਰੀ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਤਰਨ ਤਾਰਨ ਪੁਲਿਸ ਵੱਲੋਂ 61 ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਨਸ਼ਟ ਕੀਤਾ ਗਿਆ,ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਤਰਨ ਤਾਰਨ ਸ਼੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੇ ਨਿਪਟਾਰੇ ਦੀ ਪੂਰੀ ਪ੍ਰਕਿਰਿਆ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ਼੍ਰੀ ਸਨੇਹਦੀਪ ਸ਼ਰਮਾ, ਆਈ.ਪੀ.ਐਸ. ਦੀ ਅਗਵਾਈ ਹੇਠ ਅਤੇ ਮਨੋਨੀਤ ਡਰੱਗ ਡਿਸਪੋਜ਼ਲ ਕਮੇਟੀ ਦੀ ਨਿਗਰਾਨੀ ਵਿੱਚ ਐਨ.ਡੀ.ਪੀ.ਐਸ. ਐਕਟ ਅਤੇ ਮਾਣਯੋਗ ਅਦਾਲਤਾਂ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਮਲ ਵਿੱਚ ਲਿਆਂਦੀ ਗਈ,ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਵਿੱਚ 31.068 ਕਿਲੋਗ੍ਰਾਮ ਹੈਰੋਇਨ, 4.450 ਕਿਲੋਗ੍ਰਾਮ ਇੰਟੋਕਸੀਕੈਂਟ ਪਾਊਡਰ, 1,070 ਟੈਬਲਟਾਂ, 89 ਕੈਪਸੂਲਾਂ ਅਤੇ 2.692 ਕਿਲੋਗ੍ਰਾਮ ਪੈਕਿੰਗ ਮਟੀਰੀਅਲ ਸ਼ਾਮਲ ਸੀ, ਜੋ ਕਿ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਬਰਾਮਦ ਕੀਤਾ ਗਿਆ ਸੀ,ਐਸ.ਐਸ.ਪੀ. ਸ਼੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੇ ਨਿਪਟਾਰੇ ਦੀ ਸਮੁੱਚੀ ਪ੍ਰਕਿਰਿਆ ਪੂਰੀ ਜਾਂਚ-ਪੜਤਾਲ, ਦਸਤਾਵੇਜ਼ੀ ਕਾਰਵਾਈ ਅਤੇ ਕਾਨੂੰਨੀ ਪ੍ਰਬੰਧਾਂ ਦੀ ਪਾਲਣਾ ਕਰਦਿਆਂ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਅਮਲ ਵਿੱਚ ਲਿਆਂਦੀ ਗਈ,ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਤਰਨ ਤਾਰਨ ਪੁਲਿਸ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ,ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਨੂੰ ਪੁਲਿਸ ਨਾਲ ਸਾਂਝਾ ਕਰਨ ਤਾਂ ਜੋ ਸਾਂਝੇ ਯਤਨਾਂ ਨਾਲ ਸਮਾਜ ਵਿੱਚੋਂ ਨਸ਼ਿਆਂ ਦੀ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।



