ਲੋਕਾਂ ਦੀਆਂ ਸ਼ਿਕਾਇਤਾਂ ਦੇ ਤੇਜ਼, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਤਰਨ ਤਾਰਨ ਪੁਲਿਸ ਵਚਨਬੱਧ: ਐੱਸਐੱਸਪੀ ਸੁਰੇਂਦਰ ਲਾਂਬਾ
ਨਗਰ ਕੌਂਸਲ ਤਰਨ ਤਾਰਨ ਵਿਖੇ ਥਾਣਾ ਸਿਟੀ ਤਰਨ ਤਾਰਨ ਵੱਲੋਂ ਆਯੋਜਿਤ ਸਮਾਧਾਨ ਕੈਂਪ ਦਾ ਕੀਤਾ ਦੌਰਾ

ਤਰਨ ਤਾਰਨ 24 ਜੁਲਾਈ ( ਬਿਉਰੋ ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਪੁਲਿਸ-ਪਬਲਿਕ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਤਰਨ ਤਾਰਨ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਾਰੇ ਪੁਲਿਸ ਥਾਣਿਆਂ ਵਿੱਚ “ਸਮਾਧਾਨ ਕੈਂਪ” ਆਯੋਜਿਤ ਕੀਤੇ ਗਏ,ਇਸੇ ਲੜੀ ਤਹਿਤ ਸੀਨੀਅਰ ਪੁਲਿਸ ਕਪਤਾਨ ਤਰਨ ਤਾਰਨ ਸ਼੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਨਗਰ ਕੌਂਸਲ ਤਰਨ ਤਾਰਨ ਵਿਖੇ ਥਾਣਾ ਸਿਟੀ ਤਰਨ ਤਾਰਨ ਵੱਲੋਂ ਲਗਾਏ ਗਏ ਸਮਾਧਾਨ ਕੈਂਪ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਖੁਦ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਅਤੇ ਨਿਰਪੱਖ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ,ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਸੁਰੇਂਦਰ ਲਾਂਬਾ ਨੇ ਕਿਹਾ ਕਿ ਸਮਾਧਾਨ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਇੱਕ ਅਜਿਹਾ ਮੰਚ ਪ੍ਰਦਾਨ ਕਰਨਾ ਹੈ ਜਿੱਥੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ, ਪਾਰਦਰਸ਼ੀ ਅਤੇ ਕਾਨੂੰਨ ਅਨੁਸਾਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ,ਉਨ੍ਹਾਂ ਕਿਹਾ ਕਿ ਹਰ ਜਾਇਜ਼ ਸ਼ਿਕਾਇਤ ਦਾ ਨਿਰਧਾਰਿਤ ਸਮੇਂ ਵਿੱਚ ਨਿਪਟਾਰਾ ਕਰਨਾ ਤਰਨ ਤਾਰਨ ਪੁਲਿਸ ਦੀ ਪ੍ਰਾਥਮਿਕਤਾ ਹੈ,ਕੈਂਪ ਦੌਰਾਨ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਗਈ, ਵੱਖ-ਵੱਖ ਮਾਮਲਿਆਂ ਦੀ ਸਮੀਖਿਆ ਕੀਤੀ ਗਈ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ,ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸ਼ਿਕਾਇਤਾਂ ਜਾਂ ਸਮੱਸਿਆਵਾਂ ਸਬੰਧੀ ਬਿਨਾਂ ਕਿਸੇ ਝਿਜਕ ਦੇ ਪੁਲਿਸ ਨਾਲ ਸੰਪਰਕ ਕਰਨ। ਤਰਨ ਤਾਰਨ ਪੁਲਿਸ ਹਮੇਸ਼ਾ ਲੋਕਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।



