ਤਰਨ ਤਾਰਨ ਪੁਲਿਸ ਵੱਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ ਕੀਤੀ 12.070 ਕਿਲੋ ਹੈਰੋਇਨ ਦੀ ਖੇਪ ਬਰਾਮਦ

ਤਰਨ ਤਾਰਨ 11 ਸਤੰਬਰ ( ਬਿਉਰੋ ) ਮਾਣਯੋਗ ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਆਈ.ਪੀ.ਐੱਸ. ਦੀ ਅਗਵਾਈ ਹੇਠ, ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਸ੍ਰੀ ਸਨੇਹਦੀਪ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਐੱਸ.ਪੀ. ਤਰਨ ਤਾਰਨ ਸ੍ਰੀ ਸੁਰੇਂਦਰ ਲਾਂਬਾ, ਦੀ ਨਿਗਰਾਨੀ ਹੇਠ ਤਰਨ ਤਾਰਨ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ,ਇਸ ਸਬੰਧੀ ਜਾਣਕਾਰੀ ਦਿੰਦਿਆ ਐੱਸਐੱਸਪੀ ਤਰਨ ਤਾਰਨ ਸਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਟੀਮ ਵੱਲੋਂ ਖੁਫੀਆ ਸੂਚਨਾ ਦੇ ਆਧਾਰ ’ਤੇ ਬੀ.ਐੱਸ.ਐੱਫ. ਦੇ ਨਾਲ ਸਾਂਝੇ ਤੌਰ ’ਤੇ ਪਿੰਡ ਚਾਹਲ, ਬਾਬਾ ਸਾਈਂ ਜੀ ਵਾਲਾ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਖੇਤਾਂ ਵਿੱਚੋਂ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਤਸਕਰੀ ਕੀਤੀ ਹੋਣ ਦਾ ਸ਼ੱਕੀ ਇੱਕ ਵੱਡਾ ਪਾਰਸਲ ਬਰਾਮਦ ਕੀਤਾ ਗਿਆ,ਉਹਨਾਂ ਦੱਸਿਆ ਕਿ ਪਾਰਸਲ ਦੀ ਜਾਂਚ ਅਤੇ ਵਜ਼ਨ ਕਰਨ ’ਤੇ ਇਸ ਵਿੱਚੋਂ 12 ਕਿਲੋ 70 ਗ੍ਰਾਮ (12.070 ਕਿਲੋ) ਹੈਰੋਇਨ, ਜੋ ਕਿ 24 ਪੈਕਿੰਗਾਂ ਵਿੱਚ ਸੀ, ਬਰਾਮਦ ਹੋਈ,ਉਹਨਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਮੁਕੱਦਮਾ ਦਰਜ ਕਰਕੇ ਨਸ਼ਾ ਤਸਕਰਾਂ ਦੀ ਪਛਾਣ ਕਰਨ ਅਤੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ,ਉਹਨਾਂ ਕਿਹਾ ਕਿ ਤਰਨ ਤਾਰਨ ਪੁਲਿਸ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਨੂੰ ਰੋਕਣ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਵਚਨਬੱਧ ਹੈ।



