ਸਰਪੰਚ ਨਿਰਮਲ ਸਿੰਘ ਢੋਟੀ ਨੇ ਗੋਇੰਦਵਾਲ ਸਾਹਿਬ ਤੋਂ ਤੀਰਥ ਯਾਤਰਾ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਸਾਡੀ ਮੁੱਖ ਤਰਜੀਹ: ਸਰਪੰਚ ਢੋਟੀ

ਸ੍ਰੀ ਗੋਇੰਦਵਾਲ ਸਾਹਿਬ 07 ਅਕਤੂਬਰ ( ਰਣਜੀਤ ਸਿੰਘ ਦਿਉਲ ) ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਸੂਬੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ,ਇਸੇ ਲੜੀ ਤਹਿਤ ਇਤਿਹਾਸਿਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਤੋਂ ਸਰਪੰਚ ਨਿਰਮਲ ਸਿੰਘ ਢੋਟੀ ਨੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਵੱਖ ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ,ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਨਿਰਮਲ ਸਿੰਘ ਢੋਟੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਸਮਾਜ ਦੇ ਉਨ੍ਹਾਂ ਵਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜੋ ਆਰਥਿਕ ਤੰਗੀ ਜਾਂ ਸਾਧਨਾਂ ਦੀ ਘਾਟ ਕਾਰਨ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ,ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਯਾਤਰਾ, ਰਹਿਣ ਅਤੇ ਖਾਣ-ਪੀਣ ਦਾ ਸਾਰਾ ਪ੍ਰਬੰਧ ਬਹੁਤ ਹੀ ਸੁਚਾਰੂ ਢੰਗ ਨਾਲ ਕੀਤਾ ਗਿਆ ਹੈ, ਜਿਸ ਨਾਲ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ,ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਨੇ ਪੰਜਾਬ ਸਰਕਾਰ ਅਤੇ ਪਿੰਡ ਦੀ ਪੰਚਾਇਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ, ਸ਼ਰਧਾਲੂਆਂ ਨੇ ਦੱਸਿਆ ਕਿ ਮੁਫ਼ਤ ਬੱਸ ਸੇਵਾ ਸ਼ੁਰੂ ਹੋਣ ਨਾਲ ਉਨ੍ਹਾਂ ਦਾ ਲੰਮੇ ਸਮੇਂ ਤੋਂ ਧਾਰਮਿਕ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਪੂਰਾ ਹੋਇਆ ਹੈ,ਬੱਸ ਨੂੰ ਰਵਾਨਾ ਕਰਨ ਵੇਲੇ ਇਲਾਕੇ ਦੇ ਮੋਹਤਬਾਰ, ਯੂਥ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ,ਸਭ ਨੇ ਮਿਲ ਕੇ ‘ਬੋਲੇ ਸੋ ਨਿਹਾਲ, ਸਤਿ ਸ਼੍ਰੀ ਅਕਾਲ’ ਦੇ ਜੈਕਾਰਿਆਂ ਨਾਲ ਵਿਦਾਈ ਦਿੱਤੀ,
ਸਰਪੰਚ ਨਿਰਮਲ ਸਿੰਘ ਢੋਟੀ ਨੇ ਅੰਤ ਵਿੱਚ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ,ਉਨ੍ਹਾਂ ਇਲਾਕੇ ਦੇ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਇਨ੍ਹਾਂ ਲੋਕ-ਪੱਖੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਸਮਾਜ ਦੇ ਹਰ ਵਰਗ ਤੱਕ ਸਰਕਾਰ ਦੀਆਂ ਸਹੂਲਤਾਂ ਪਹੁੰਚ ਸਕਣ।



